ਪੁਲੀਸ ਵਲੋਂ ਪੱਤਰਕਾਰ ਰਜਿੰਦਰ ਤੱਗੜ ਦੀ ਗ੍ਰਿਫਤਾਰੀ ਦੇ ਮਾਮਲੇ ਵਿੱਚ ਇਕੱਠੇ ਹੋਏ ਪੱਤਰਕਾਰਾਂ, ਵਕੀਲਾਂ, ਕਿਸਾਨ, ਮਜ਼ਦੂਰ ਅਤੇ ਹੋਰ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ
ਐਸ ਏ ਐਸ ਨਗਰ, 29 ਅਪ੍ਰੈਲ - ਮੁਹਾਲੀ ਪੁਲੀਸ ਵਲੋਂ ਬੀਤੇ ਦਿਨੀਂ ਪੱਤਰਕਾਰ ਰਜਿੰਦਰ ਸਿੰਘ ਤੱਗੜ ਨੂੰ ਬਰਖਾਸਤ ਏ ਆਈ ਜੀ ਮਾਲਵਿੰਦਰ ਸਿੰਘ ਸਿੱਧੂ ਦੇ ਖਿਲਾਫ ਦਰਜ ਐਫ ਆਈ ਆਰ ਵਿੱਚ ਗ੍ਰਿਫਤਾਰ ਕਰਨ ਦੇ ਖਿਲਾਫ ਅੱਜ ਪੱਤਰਕਾਰਾਂ, ਵਕੀਲਾਂ, ਕਿਸਾਨਾਂ, ਮਜ਼ਦੂਰਾਂ ਅਤੇ ਹੋਰ ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਵਲੋਂ ਪੰਜਾਬ ਸਰਕਾਰ ਅਤੇ ਪੁਲੀਸ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਪਹਿਲਾਂ ਮੁਹਾਲੀ ਕੋਰਟ ਦੇ ਬਾਹਰ ਇਕੱਠੇ ਹੋ ਕੇ ਮੂੰਹ ਤੇ ਉਂਗਲਾਂ ਰੱਖ ਕੇ ਚੁੱਪ ਪ੍ਰਦਰਸ਼ਨ ਕੀਤਾ ਅਤੇ ਫਿਰ ਐਸ ਐਸ ਪੀ ਦਫ਼ਤਰ ਵਲ ਰੋਸ ਮਾਰਚ ਕੀਤਾ ਅਤੇ ਐਸ ਐਸ ਪੀ ਦਫਤਰ ਦੇ ਬਾਹਰ ਧਰਨਾ ਦਿੱਤਾ ਅਤੇ ਪੰਜਾਬ ਸਰਕਾਰ ਅਤੇ ਪੁਲੀਸ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।

ਇਸ ਮੌਕੇ ਬੁਲਾਰਿਆਂ ਨੇ ਮੰਗ ਕੀਤੀ ਕਿ ਰਜਿੰਦਰ ਤੱਗੜ ਨੂੰ ਫੌਰੀ ਰਿਹਾਅ ਕੀਤਾ ਜਾਵੇ ਅਤੇ ਇਸ ਮਾਮਲੇ ਦੀ ਮੁਹਾਲੀ ਤੋਂ ਬਾਹਰ ਕਿਸੇ ਹੋਰ ਜ਼ਿਲ੍ਹੇ ਵਿੱਚ ਸੀਨੀਅਰ ਉੱਚ ਅਧਿਕਾਰੀ ਦੀ ਨਿਗਰਾਨੀ ਵਿੱਚ ਸਿੱਟ ਦਾ ਗਠਨ ਕਰਕੇ ਨਿਰਪੱਖ ਜਾਂਚ ਕਰਵਾਈ ਜਾਵੇ। ਇਸ ਮੌਕੇ ਪੰਜਾਬ ਅਗੇਂਸਟ ਕੁਰੱਪਸ਼ਨ ਦੇ ਪ੍ਰਧਾਨ ਸਤਨਾਮ ਸਿੰਘ ਦਾਊਂ, ਵਕੀਲਾਂ ਦੀ ਜਥੇਬੰਦੀ ਦੇ ਆਗੂ ਜਸਪਾਲ ਸਿੰਘ ਦੱਪਰ, ਦਰਸ਼ਨ ਸਿੰਘ ਧਾਲੀਵਾਲ, ਕਿਸਾਨ ਯੂਨੀਅਨ ਦੇ ਆਗੂ ਪਰਮਦੀਪ ਸਿੰਘ ਬੈਦਵਾਨ, ਕਿਰਪਾਲ ਸਿੰਘ ਸਿਆਊ, ਬਲਵੰਤ ਸਿੰਘ ਨੰਡਿਆਲੀ, ਸੀਨੀਅਰ ਪੱਤਰਕਾਰ ਗੁਰਪ੍ਰੀਤ ਸਿੰਘ ਨਿਆਮੀਆਂ, ਕੁਲਦੀਪ ਸਿੰਘ, ਦਰਸ਼ਨ ਸਿੰਘ ਸੋਢੀ, ਸੁਖਦੇਵ ਸਿੰਘ ਪਟਵਾਰੀ, ਗੁਰਮੀਤ ਸਿੰਘ ਸਾਹੀ, ਪ੍ਰੈਸ ਕਲੱਬ ਬਨੂੜ ਦੇ ਸਰਪ੍ਰਸਤ ਕਰਮਜੀਤ ਸਿੰਘ ਚਿੱਲਾ ਅਤੇ ਜਨਰਲ ਸਕੱਤਰ ਅਵਤਾਰ ਸਿੰਘ ਅਤੇ ਹੋਰਨਾਂ ਨੇ ਰਜਿੰਦਰ ਤੱਗੜ ਨੂੰ ਗ੍ਰਿਫ਼ਤਾਰ ਕਰਨ ਦੀ ਨਿਖੇਧੀ ਕਰਦਿਆਂ ਇਸ ਨੂੰ ਨਿਰਪੱਖ ਪੱਤਰਕਾਰਤਾ ਅਤੇ ਪ੍ਰੈਸ ਦੀ ਆਜ਼ਾਦੀ ਤੇ ਸਿੱਧਾ ਹਮਲਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਜਲਦੀ ਹੀ ਯੂਨੀਅਨਾਂ ਦਾ ਇੱਕ ਸਾਂਝਾ ਵਫ਼ਦ ਮੁੱਖ ਮੰਤਰੀ ਅਤੇ ਡੀ ਜੀ ਪੀ ਨੂੰ ਮਿਲੇਗਾ ਅਤੇ ਉਨ੍ਹਾਂ ਨੂੰ ਨਿੱਜੀ ਦਖ਼ਲ ਦੇ ਕੇ ਸਮੁੱਚੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਅਤੇ ਪੱਤਰਕਾਰ ਨੂੰ ਰਿਹਾਅ ਕਰਨ ਦੀ ਮੰਗ ਕੀਤੀ ਜਾਵੇਗੀ।
ਇਸ ਦੌਰਾਨ ਪੰਜਾਬ ਚੰਡੀਗੜ੍ਹ ਯੂਨੀਅਨ ਆਫ਼ ਜਰਨਲਿਸਟ ਦੇ ਪ੍ਰਧਾਨ ਬਲਬੀਰ ਸਿੰਘ ਜੰਡੂ ਅਤੇ ਪ੍ਰੈਸ ਕੌਂਸਲ ਦੇ ਮੈਂਬਰ ਬਲਵਿੰਦਰ ਸਿੰਘ ਜੰਮੂ ਨੇ ਵੀ ਮੁਹਾਲੀ ਪਹੁੰਚ ਕੇ ਪੱਤਰਕਾਰ ਨੂੰ ਗ੍ਰਿਫ਼ਤਾਰ ਕਰਨ ਦੀ ਸਖ਼ਤ ਨਿਖੇਧੀ ਕੀਤੀ।
ਇਸ ਮੌਕੇ ਪ੍ਰਦਰਸ਼ਨਕਾਰੀਆਂ ਵਲੋਂ ਡੀ ਆਈ ਜੀ ਰੋਪੜ ਰੇਂਜ ਦੇ ਨਾਮ ਇੱਕ ਮੰਗ ਪੱਤਰ ਵੀ ਦਿੱਤਾ ਗਿਆ ਜਿਸ ਵਿੱਚ ਕਿਹਾ ਗਿਆ ਹੈ ਕਿ ਐਸ ਐਸ ਪੀ ਮੁਹਾਲੀ ਵਲੋਂ ਨਿੱਜੀ ਖੁੰਦਕ ਅਤੇ ਪ੍ਰਸ਼ਾਸ਼ਨ ਵਲੋਂ ਕੀਤੇ ਜਾ ਰਹੇ ਭ੍ਰਿਸ਼ਟਾਚਾਰ ਦੇ ਮਾਮਲੇ ਉਜਾਗਰ ਕਰਨ ਬਦਲੇ ਪੱਤਰਕਾਰ ਰਜਿੰਦਰ ਸਿੰਘ ਨੂੰ ਝੂਠੇ ਮਾਮਲਿਆਂ ਵਿੱਚ ਫਸਾਇਆ ਗਿਆ ਹੈ ਅਤੇ ਪਰੈਸ ਦੀ ਆਜਾਦੀ ਨੂੰ ਖਤਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੱਤਰ ਵਿੱਚ ਕਿਹਾਾ ਗਿਆ ਹੈ ਕਿ ਰਜਿੰਦਰ ਤੱਗੜ ਦੀ ਮਦਦ ਕਰਨ ਵਾਲੇ ਪੱਤਰਕਾਰ ਭਾਈਚਾਰੇ ਦੇ ਮੈਂਬਰਾਂ ਅਤੇ ਸਮਾਜਸੇਵਕਾਂ ਨੂੰ ਵੀ ਝੂਠੇ ਮਾਮਲੇ ਵਿੱਚ ਫਸਾਏ ਜਾਣ ਦਾ ਖਤਰਾ ਹੈ। ਰਜਿੰਦਰ ਤੱਗੜ ਦੇ ਕੈਮਰਾਮੈਨ ਤੇ ਵੀ ਪੁਲੀਸ ਵਲੋਂ ਤਸ਼ੱਦਦ ਕੀਤਾ ਗਿਆ ਹੈ ਅਤੇ ਤੱਗੜ ਦੇ ਘਰ ਦੀਆਂ ਚਾਬੀਆਂ, ਉਸਦਾ ਮੋਬਾਈਲ ਅਤੇ ਹੋਰ ਸਾਮਾਨ ਵੀ ਪੁਲੀਸ ਨੇ ਜਬਤ ਕਰ ਲਿਆ ਹੈ। ਪੱਤਰ ਵਿੱਚ ਮੰਗ ਕੀਤੀ ਗਈ ਹੈ ਕਿ ਜਾਂਚ ਕਿਸੇ ਹੋਰ ਜਿਲ੍ਹੇ ਦੇ ਐਸ ਐਸ ਪੀ ਜਾਂ ਕਿਸੇ ਉੱਚ ਅਧਿਕਾਰੀ ਤੋਂ ਕਰਵਾਈ ਜਾਵੇ।
ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਜੇਕਰ ਪੱਤਰਕਾਰ ਰਜਿੰਦਰ ਤੱਗੜ ਨੂੰ ਤੁਰੰਤ ਰਿਹਾ ਨਾ ਕੀਤਾ ਗਿਆ ਅਤੇ ਮਾਮਲੇ ਦੀ ਜਾਂਚ ਕਿਸੇ ਹੋਰ ਅਧਿਕਾਰੀ ਨੂੰ ਨਾ ਸੌਂਪੀ ਗਈ ਤਾਂ ਇਸ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।