ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸੁਤੰਤਰਤਾ ਦਿਵਸ ਮੌਕੇ ਪੇਸ਼ ਝਾਕੀ ਰਾਹੀਂ ਮੁਫ਼ਤ ਨਿਆਂ ਸਹਾਇਤਾ, ਲੋਕ ਅਦਾਲਤਾਂ ਅਤੇ ਮੀਡੀਏਸ਼ਨ ਦੀਆਂ ਸੁਵਿਧਾਵਾਂ ਬਾਰੇ ਜਾਗਰੂਕਤਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 16 ਅਗਸਤ 2025: ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਸੁਤੰਤਰਤਾ ਦਿਵਸ ਮੌਕੇ ਸ਼ਹੀਦ ਮੇਜਰ ਹਰਮਿੰਦਰ ਪਾਲ ਸਿੰਘ ਸਰਕਾਰੀ ਕਾਲਜ, ਮੋਹਾਲੀ ਵਿਖੇ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਦੌਰਾਨ ਪੇਸ਼ ਕੀਤੀ ਝਾਕੀ ਰਾਹੀਂ ਸਮਾਜ ਦੇ ਗਰੀਬ ਅਤੇ ਕਮਜ਼ੋਰ ਵਰਗ ਦੇ ਹੱਕਾਂ ਦੀ ਰਾਖੀ ਲਈ ਸਰਕਾਰ ਵੱਲੋਂ ਸੰਵਿਧਾਨ ਦੇ ਆਰਟੀਕਲ 39-ਏ ਤਹਿਤ ਲਾਗੂ ਕੀਤੀ ਗਈ ਮੁਫ਼ਤ ਕਾਨੂੰਨੀ ਸਹਾਇਤਾ ਸਕੀਮ ਦੀ ਜਾਣਕਾਰੀ ਸਾਂਝੀ ਕੀਤੀ ਗਈ।

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 16 ਅਗਸਤ 2025: ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਸੁਤੰਤਰਤਾ ਦਿਵਸ ਮੌਕੇ ਸ਼ਹੀਦ ਮੇਜਰ ਹਰਮਿੰਦਰ ਪਾਲ ਸਿੰਘ ਸਰਕਾਰੀ ਕਾਲਜ, ਮੋਹਾਲੀ ਵਿਖੇ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਦੌਰਾਨ ਪੇਸ਼ ਕੀਤੀ ਝਾਕੀ ਰਾਹੀਂ ਸਮਾਜ ਦੇ ਗਰੀਬ ਅਤੇ ਕਮਜ਼ੋਰ ਵਰਗ ਦੇ ਹੱਕਾਂ ਦੀ ਰਾਖੀ ਲਈ ਸਰਕਾਰ ਵੱਲੋਂ ਸੰਵਿਧਾਨ ਦੇ ਆਰਟੀਕਲ 39-ਏ ਤਹਿਤ ਲਾਗੂ ਕੀਤੀ ਗਈ ਮੁਫ਼ਤ ਕਾਨੂੰਨੀ ਸਹਾਇਤਾ ਸਕੀਮ ਦੀ ਜਾਣਕਾਰੀ ਸਾਂਝੀ ਕੀਤੀ ਗਈ।
ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਸ਼੍ਰੀ ਅਤੁਲ ਕਸਾਨਾ ਦੀ ਪਹਿਲਕਦਮੀ ਤੇ ਕੱਢੀ ਗਈ ਝਾਕੀ ਰਾਹੀਂ ਇਸ ਸਕੀਮ ਅਧੀਨ, ਗਰੀਬ ਤੇ ਕਮਜ਼ੋਰ ਵਰਗ ਦੇ ਨਾਗਰਿਕਾਂ ਨੂੰ ਆਪਣੇ ਕਾਨੂੰਨੀ ਹੱਕਾਂ ਦੀ ਰਾਖੀ ਲਈ ਸਰਕਾਰ ਦੇ ਖ਼ਰਚੇ ‘ਤੇ ਵਕੀਲ ਸਾਹਿਬਾਨ ਦੀਆਂ ਸੇਵਾਵਾਂ ਮੁਹੱਈਆ ਕਰਵਾਉਣ ਬਾਰੇ ਜਾਗਰੂਕਤਾ ਕੀਤੀ ਗਈ। ਦੱਸਿਆ ਗਿਆ ਕਿ ਸਬੰਧਤ ਐਡਵੋਕੇਟ ਨੂੰ ਨਿਯਮਾਂ ਅਨੁਸਾਰ ਬਣਦੀ ਕੌਂਸਲ ਫ਼ੀਸ ਅਤੇ ਕੇਸ ਵਿੱਚ ਹੋਣ ਵਾਲੇ ਹੋਰ ਖ਼ਰਚਿਆਂ ਦੀ ਅਦਾਇਗੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰਾਹੀਂ ਸਰਕਾਰ ਵੱਲੋਂ ਕੀਤੀ ਜਾਂਦੀ ਹੈ।
ਇਸ ਤੋਂ ਇਲਾਵਾ, ਲੋਕ ਅਦਾਲਤਾਂ ਅਤੇ ਵਿਚੋਲਗੀ (ਮੀਡੀਏਸ਼ਨ) ਪ੍ਰਣਾਲੀ ਰਾਹੀਂ ਧਿਰਾਂ ਦੇ ਵਿਵਾਦਾਂ ਦਾ ਨਿਪਟਾਰਾ ਉਨ੍ਹਾਂ ਦੀ ਆਪਸੀ ਸਹਿਮਤੀ ਦੇ ਆਧਾਰ ‘ਤੇ ਸੁਗਮ ਅਤੇ ਤੇਜ਼ੀ ਨਾਲ ਕਰਵਾਇਆ ਜਾਂਦਾ ਹੈ। ਇਸ ਨਾਲ ਨਾ ਸਿਰਫ਼ ਸਮੇਂ ਅਤੇ ਪੈਸੇ ਦੀ ਬਚਤ ਹੁੰਦੀ ਹੈ, ਸਗੋਂ ਲੋਕਾਂ ਵਿੱਚ ਆਪਸੀ ਸਹਿਯੋਗ ਅਤੇ ਭਰੋਸਾ ਵੀ ਬਣਦਾ ਹੈ।
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਆਪਣੀ ਇਸ ਝਾਕੀ ਦੁਆਰਾ ਇਹ ਵੀ ਉਜਾਗਰ ਕੀਤਾ ਗਿਆ ਕਿ ਡੀ ਐਲ ਐਸ ਏ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ, ਜਿਵੇਂ ਕਿ ਮੁਫ਼ਤ ਕਾਨੂੰਨੀ ਸਹਾਇਤਾ, ਲੋਕ ਅਦਾਲਤਾਂ, ਮੀਡੀਏਸ਼ਨ ਅਤੇ ਹੋਰ ਲੋਕ-ਭਲਾਈ ਯੋਜਨਾਵਾਂ—ਨਾਗਰਿਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖ ਕੇ ਕਾਰਗਰ ਢੰਗ ਨਾਲ ਲਾਗੂ ਕੀਤੀਆਂ ਜਾ ਰਹੀਆਂ ਹਨ।
ਇਹ ਵੀ ਜਾਣਕਾਰੀ ਦਿੱਤੀ ਗਈ ਕਿ ਅਗਲੀ ਨੈਸ਼ਨਲ ਲੋਕ ਅਦਾਲਤ 13 ਸਤੰਬਰ 2025 ਨੂੰ ਲਗਾਈ ਜਾਵੇਗੀ, ਜਿਸ ਵਿੱਚ ਵੱਖ-ਵੱਖ ਕਿਸਮ ਦੇ ਕੇਸਾਂ ਦਾ ਨਿਪਟਾਰਾ ਸਬੰਧਤ ਧਿਰਾਂ ਦੀ ਆਪਸੀ ਸਹਿਮਤੀ ਰਾਹੀਂ ਕਰਵਾਇਆ ਜਾਵੇਗਾ।
ਇਸ ਮੌਕੇ ਤੇ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ, ਸੀ.ਜੇ.ਐਮ. ਸ੍ਰੀਮਤੀ ਸੁਰਭੀ ਪ੍ਰਾਸ਼ਰ ਵੀ ਮੌਜੂਦ ਰਹੇ। ਉਨ੍ਹਾਂ ਨੇ ਕਿਹਾ ਕਿ, “ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਾ ਮੁੱਖ ਉਦੇਸ਼ ਹਰ ਵਰਗ ਦੇ ਨਾਗਰਿਕ ਨੂੰ ਨਿਆਂ ਤੱਕ ਆਸਾਨ ਪਹੁੰਚ ਮੁਹੱਈਆ ਕਰਵਾਉਣਾ ਹੈ। ਲੋਕ ਅਦਾਲਤਾਂ ਅਤੇ ਮੀਡੀਏਸ਼ਨ ਦੀ ਪ੍ਰਕਿਰਿਆ ਨਾਲ ਸਬੰਧਤ ਧਿਰਾਂ ਦੇ ਕੇਸ ਸਹਿਮਤੀ ਰਾਹੀਂ ਤੇਜ਼ੀ ਨਾਲ ਨਿਪਟਾਏ ਜਾ ਸਕਦੇ ਹਨ, ਜੋ ਨਿਆਂ ਪ੍ਰਣਾਲੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਂਦਾ ਹੈ।”
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੇ ਕਾਨੂੰਨੀ ਹੱਕਾਂ ਬਾਰੇ ਜਾਗਰੂਕ ਰਹਿਣ ਅਤੇ ਜੇਕਰ ਲੋੜ ਹੋਵੇ ਤਾਂ ਬਿਨਾਂ ਸੰਕੋਚ ਅਥਾਰਟੀ ਨਾਲ ਸੰਪਰਕ ਕਰਕੇ ਮੁਫ਼ਤ ਸਹਾਇਤਾ ਪ੍ਰਾਪਤ ਕਰਨ।