
ਬੇਅੰਤ ਸਿੰਘ ਕਤਲ ਕੇਸ: ਰਾਜੋਆਣਾ ਨੂੰ ਹੁਣ ਤੱਕ ਫਾਂਸੀ ਕਿਉਂ ਨਹੀਂ ਦਿੱਤੀ ਗਈ: ਸੁਪਰੀਮ ਕੋਰਟ
ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਕੇਂਦਰ ਨੂੰ ਅੱਜ ਪੁੱਛਿਆ ਕਿ ਪੰਜਾਬ ਦੇ ਉਸ ਵੇਲੇ ਦੇ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਮਾਮਲੇ ਵਿਚ ਦੋਸ਼ੀ ਕਰਾਰ ਦਿੱਤੇ ਗਏ ਤੇ ਸਜ਼ਾ-ਏ-ਮੌਤ ਦਾ ਸਾਹਮਣਾ ਕਰ ਰਹੇ ਬਲਵੰਤ ਸਿੰਘ ਰਾਜੋਆਣਾ ਨੂੰ ਹੁਣ ਤੱਕ ਫਾਂਸੀ ਕਿਉਂ ਨਹੀਂ ਦਿੱਤੀ ਗਈ। ਰਾਜੋਆਣਾ ਨੂੰ 1995 ਵਿੱਚ ਪੰਜਾਬ ਦੇ ਉਸ ਵੇਲੇ ਦੇ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦਾ ਦੋਸ਼ੀ ਠਹਿਰਾਇਆ ਗਿਆ ਸੀ।
ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਕੇਂਦਰ ਨੂੰ ਅੱਜ ਪੁੱਛਿਆ ਕਿ ਪੰਜਾਬ ਦੇ ਉਸ ਵੇਲੇ ਦੇ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਮਾਮਲੇ ਵਿਚ ਦੋਸ਼ੀ ਕਰਾਰ ਦਿੱਤੇ ਗਏ ਤੇ ਸਜ਼ਾ-ਏ-ਮੌਤ ਦਾ ਸਾਹਮਣਾ ਕਰ ਰਹੇ ਬਲਵੰਤ ਸਿੰਘ ਰਾਜੋਆਣਾ ਨੂੰ ਹੁਣ ਤੱਕ ਫਾਂਸੀ ਕਿਉਂ ਨਹੀਂ ਦਿੱਤੀ ਗਈ। ਰਾਜੋਆਣਾ ਨੂੰ 1995 ਵਿੱਚ ਪੰਜਾਬ ਦੇ ਉਸ ਵੇਲੇ ਦੇ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦਾ ਦੋਸ਼ੀ ਠਹਿਰਾਇਆ ਗਿਆ ਸੀ।
ਰਾਜੋਆਣਾ ਪਿਛਲੇ 29 ਸਾਲਾਂ ਤੋਂ ਜੇਲ੍ਹ ਵਿੱਚ ਨਜ਼ਰਬੰਦ ਹੈ। ਇਸ ਕੇਸ ਬਾਰੇ ਵਧੀਕ ਸਾਲਿਸਿਟਰ ਜਨਰਲ ਕੇ ਐਮ ਨਟਰਾਜ ਨੇ ਜਸਟਿਸ ਵਿਕਰਮ ਨਾਥ, ਸੰਦੀਪ ਮਹਿਤਾ ਅਤੇ ਐਨ ਵੀ ਅੰਜਾਰੀਆ ਦੇ ਬੈਂਚ ਨੂੰ ਜਾਣਕਾਰੀ ਦਿੱਤੀ।
ਬੈਂਚ ਨੇ ਵਧੀਕ ਸਾਲਿਸਿਟਰ ਜਨਰਲ ਨੂੰ ਪੁੱਛਿਆ, ‘ਤੁਸੀਂ ਉਸ ਨੂੰ ਹੁਣ ਤੱਕ ਫਾਂਸੀ ਕਿਉਂ ਨਹੀਂ ਦਿੱਤੀ? ਇਸ ਲਈ ਕੌਣ ਜ਼ਿੰਮੇਵਾਰ ਹੈ। ਘੱਟੋ-ਘੱਟ, ਅਸੀਂ ਫਾਂਸੀ ’ਤੇ ਰੋਕ ਨਹੀਂ ਲਗਾਈ ਹੈ।’ ਸਰਵਉਚ ਅਦਾਲਤ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰਨ ਦੀ ਅਪੀਲ ’ਤੇ ਸੁਣਵਾਈ ਕਰ ਰਹੀ ਹੈ।
ਰਾਜੋਆਣਾ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਮੁਕੁਲ ਰੋਹਤਗੀ ਨੇ ਕਿਹਾ ਕਿ ਉਨ੍ਹਾਂ ਦੇ ਮੁਵੱਕਿਲ ਦੀ ਰਹਿਮ ਦੀ ਪਟੀਸ਼ਨ ’ਤੇ ਕੋਈ ਫੈਸਲਾ ਨਹੀਂ ਲਿਆ ਗਿਆ ਹੈ। ਰੋਹਤਗੀ ਨੇ ਕਿਹਾ ਕਿ ਸੁਪਰੀਮ ਕੋਰਟ ਨੇ ਪਹਿਲਾਂ ਕਿਹਾ ਸੀ ਕਿ ਰਹਿਮ ਦੀ ਪਟੀਸ਼ਨ ਦਾ ਸਮੇਂ ਸਿਰ ਫੈਸਲਾ ਕੀਤਾ ਜਾਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਸਿਖਰਲੀ ਅਦਾਲਤ ਨੇ ਕਿਹਾ ਹੈ ਕਿ ਰਾਜੋਆਣਾ ਨੇ ਖੁਦ ਰਹਿਮ ਦੀ ਪਟੀਸ਼ਨ ਦਾਇਰ ਨਹੀਂ ਕੀਤੀ ਸੀ, ਬਲਕਿ ਇਹ ਗੁਰਦੁਆਰਾ ਕਮੇਟੀ ਵਲੋਂ ਦਾਇਰ ਕੀਤੀ ਗਈ ਸੀ। ਬੈਂਚ ਨੇ ਕੇਸ ਦੀ ਸੁਣਵਾਈ 15 ਅਕਤੂਬਰ ਤੱਕ ਮੁਲਤਵੀ ਕਰਦਿਆਂ ਕਿਹਾ ਕਿ ਕੇਂਦਰ ਦੀ ਬੇਨਤੀ ’ਤੇ ਮਾਮਲੇ ਨੂੰ ਮੁਲਤਵੀ ਨਹੀਂ ਕੀਤਾ ਜਾਵੇਗਾ।
ਇਸ ਤੋਂ ਪਹਿਲਾਂ ਸਰਵਉਚ ਅਦਾਲਤ ਨੇ 20 ਜਨਵਰੀ ਨੂੰ ਕੇਂਦਰ ਨੂੰ ਰਾਜੋਆਣਾ ਦੀ ਰਹਿਮ ਦੀ ਪਟੀਸ਼ਨ ’ਤੇ ਫੈਸਲਾ ਲੈਣ ਲਈ ਕਿਹਾ ਸੀ। ਕੇਂਦਰ ਨੇ ਉਦੋਂ ਮਾਮਲੇ ਦੀ ਸੰਵੇਦਨਸ਼ੀਲਤਾ ਦਾ ਹਵਾਲਾ ਦਿੰਦਿਆਂ ਕਿਹਾ ਸੀ ਕਿ ਰਹਿਮ ਦੀ ਪਟੀਸ਼ਨ ’ਤੇ ਵਿਚਾਰ ਕੀਤਾ ਜਾ ਰਿਹਾ ਹੈ।
ਪਿਛਲੇ ਸਾਲ 25 ਸਤੰਬਰ ਨੂੰ ਸਿਖਰਲੀ ਅਦਾਲਤ ਨੇ ਰਾਜੋਆਣਾ ਦੀ ਪਟੀਸ਼ਨ ’ਤੇ ਕੇਂਦਰ, ਪੰਜਾਬ ਸਰਕਾਰ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਨ ਤੋਂ ਜਵਾਬ ਮੰਗਿਆ ਸੀ।
ਜ਼ਿਕਰਯੋਗ ਹੈ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਦੀ 31 ਅਗਸਤ, 1995 ਨੂੰ ਚੰਡੀਗੜ੍ਹ ਸਥਿਤ ਸਿਵਲ ਸਕੱਤਰੇਤ ਵਿਚ ਬੰਬ ਧਮਾਕੇ ਰਾਹੀਂ ਹੱਤਿਆ ਕੀਤੀ ਗਈ ਸੀ। ਇੱਕ ਵਿਸ਼ੇਸ਼ ਅਦਾਲਤ ਨੇ ਜੁਲਾਈ 2007 ਵਿੱਚ ਰਾਜੋਆਣਾ ਨੂੰ ਮੌਤ ਦੀ ਸਜ਼ਾ ਸੁਣਾਈ ਸੀ। 3 ਮਈ, 2023 ਨੂੰ ਸਿਖਰਲੀ ਅਦਾਲਤ ਨੇ ਉਸ ਦੀ ਮੌਤ ਦੀ ਸਜ਼ਾ ਨੂੰ ਘਟਾਉਣ ਤੋਂ ਇਨਕਾਰ ਕਰਦਿਆਂ ਕਿਹਾ ਕਿ ਸਮਰੱਥ ਅਥਾਰਟੀ ਉਸ ਦੀ ਰਹਿਮ ਦੀ ਪਟੀਸ਼ਨ ਨਾਲ ਨਜਿੱਠ ਸਕਦੀ ਹੈ। ਆਪਣੀ ਤਾਜ਼ਾ ਪਟੀਸ਼ਨ ਵਿੱਚ ਰਾਜੋਆਣਾ ਨੇ ਲਗਪਗ 29 ਸਾਲਾਂ ਤੋਂ ਜੇਲ੍ਹ ਵਿੱਚ ਰਹਿਣ ਦਾ ਜ਼ਿਕਰ ਕੀਤਾ, ਜਿਸ ਵਿੱਚੋਂ ਉਸ ਨੇ 15 ਸਾਲ ਤੋਂ ਵੱਧ ਮੌਤ ਦੀ ਸਜ਼ਾ ਦੇ ਦੋਸ਼ੀ ਵਜੋਂ ਬਿਤਾਏ।
ਉਸ ਨੇ ਕਿਹਾ ਕਿ ਮਾਰਚ 2012 ਵਿੱਚ ਸੰਵਿਧਾਨ ਦੀ ਧਾਰਾ 72 ਤਹਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਉਸ ਵਲੋਂ ਰਹਿਮ ਦੀ ਪਟੀਸ਼ਨ ਦਾਇਰ ਕੀਤੀ ਗਈ ਸੀ।
