
ਡੀ.ਟੀ.ਐੱਫ਼. ਵਲੋਂ 16 ਨਵੰਬਰ ਦੀ ਚੱਬੇਵਾਲ ਰੈਲੀ ਦੀਆਂ ਤਿਆਰੀਆਂ ਲਈ ਲਾਮਬੰਦੀ ਜਾਰੀ
ਗੜਸ਼ੰਕਰ,13 ਨਵੰਬਰ : ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ (ਡੀ.ਟੀ.ਐੱਫ਼.) ਵਲੋਂ ਸੂਬਾ ਸਰਕਾਰ ਦੁਆਰਾ ਅਧਿਆਪਕ ਮਸਲਿਆਂ ਦੇ ਹੱਲ ਨਾ ਕੱਢੇ ਜਾਣ, ਲੋਕਾਂ ਦੇ ਵਿਰੁੱਧ ਭੁਗਤਣ ਵਾਲੀ ਨਵੀਂ ਸਿੱਖਿਆ ਨੀਤੀ ਲਾਗੂ ਕਰਨ, ਅਧਿਆਪਕਾਂ ਨੂੰ ਲਗਾਤਾਰ ਗੈਰ ਵਿੱਦਿਅਕ ਕੰਮਾਂ ਵਿੱਚ ਉਲਝਾਈ ਰੱਖਣ ਖਿਲਾਫ 16 ਨਵੰਬਰ ਨੂੰ ਚੱਬੇਵਾਲ ਵਿਖੇ ਕੀਤੀ ਜਾ ਰਹੀ ਸੂਬਾ ਪੱਧਰੀ ਰੋਸ ਰੈਲੀ ਦੀਆਂ ਤਿਆਰੀਆਂ ਅਤੇ ਲਾਮਬੰਦੀ ਲਈ ਵੱਖ ਵੱਖ ਸਕੂਲਾਂ ਵਿੱਚ ਲਾਮਬੰਦੀ ਕੀਤੀ ਗਈ।
ਗੜਸ਼ੰਕਰ,13 ਨਵੰਬਰ : ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ (ਡੀ.ਟੀ.ਐੱਫ਼.) ਵਲੋਂ ਸੂਬਾ ਸਰਕਾਰ ਦੁਆਰਾ ਅਧਿਆਪਕ ਮਸਲਿਆਂ ਦੇ ਹੱਲ ਨਾ ਕੱਢੇ ਜਾਣ, ਲੋਕਾਂ ਦੇ ਵਿਰੁੱਧ ਭੁਗਤਣ ਵਾਲੀ ਨਵੀਂ ਸਿੱਖਿਆ ਨੀਤੀ ਲਾਗੂ ਕਰਨ, ਅਧਿਆਪਕਾਂ ਨੂੰ ਲਗਾਤਾਰ ਗੈਰ ਵਿੱਦਿਅਕ ਕੰਮਾਂ ਵਿੱਚ ਉਲਝਾਈ ਰੱਖਣ ਖਿਲਾਫ 16 ਨਵੰਬਰ ਨੂੰ ਚੱਬੇਵਾਲ ਵਿਖੇ ਕੀਤੀ ਜਾ ਰਹੀ ਸੂਬਾ ਪੱਧਰੀ ਰੋਸ ਰੈਲੀ ਦੀਆਂ ਤਿਆਰੀਆਂ ਅਤੇ ਲਾਮਬੰਦੀ ਲਈ ਵੱਖ ਵੱਖ ਸਕੂਲਾਂ ਵਿੱਚ ਲਾਮਬੰਦੀ ਕੀਤੀ ਗਈ। ਇਸ ਸਮੇਂ ਡੀ.ਟੀ.ਐੱਫ਼. ਜਥੇਬੰਦੀ ਦੇ ਜਿਲਾ ਪ੍ਰਧਾਨ ਸੁਖਦੇਵ ਡਾਨਸੀਵਾਲ ਅਤੇ ਸੂਬਾ ਸੰਯੁਕਤ ਸਕੱਤਰ ਮੁਕੇਸ਼ ਕੁਮਾਰ ਨੇ ਇਸ ਗੱਲ ਉੱਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕੀਤਾ ਕਿ ਸਿੱਖਿਆ ਵਿਭਾਗ ਨੇ ਇਸ ਸੈਸ਼ਨ ਦੇ ਸ਼ੁਰੂ ਤੋਂ ਹੀ ਸਕੂਲਾਂ ਦੇ ਅਧਿਆਪਕਾਂ ਨੂੰ ਬੇਲੋੜੇ ਪ੍ਰਾਜੈਕਟਾਂ ਰਾਹੀਂ ਉਲਝਾ ਰੱਖਿਆ ਹੈ ਅਤੇ ਹੁਣ ਰਾਸ਼ਟਰੀ ਪਰਖ ਸਰਵੇਖਣ (ਸੀ.ਈ.ਪੀ.) ਦੇ ਨਾਂ ਉੱਤੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਨਿਯਤ ਸਿਲੇਬਸ ਤੋਂ ਦੂਰ ਕਰਦਿਆਂ ਨਵੀਂ ਸਿੱਖਿਆ ਨੀਤੀ ਨੂੰ ਅਸਿੱਧੇ ਢੰਗ ਨਾਲ ਲਾਗੂ ਕੀਤਾ ਜਾ ਰਿਹਾ ਹੈ ਅਤੇ ਇਸ ਸਰਵੇਖਣ ਦੇ ਨਾਂ ਉੱਤੇ ਅਫ਼ਸਰਸ਼ਾਹੀ ਦੁਆਰਾ ਸਕੂਲਾਂ ਵਿੱਚ ਦਬਿਸ਼ ਦੇ ਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਵਿੱਚ ਡਰ ਦਾ ਮਾਹੌਲ ਪੈਦਾ ਕੀਤਾ ਜਾ ਰਿਹਾ ਹੈ। ਇਸੇ ਨੀਤੀ ਤਹਿਤ ਹੀ ਵਿਦਿਆਰਥੀਆਂ ਦੀ ਘੱਟ ਗਿਣਤੀ ਵਾਲੇ ਸਕੂਲਾਂ ਨੂੰ ਵੱਡੇ ਸਕੂਲਾਂ ਵਿੱਚ ਮਰਜ਼ ਕਰਨ ਦੀ ਨੀਤੀ ਵੱਲ ਵਧਿਆ ਜਾ ਰਿਹਾ ਹੈ। ਸਿੱਖਿਆ ਕ੍ਰਾਂਤੀ ਦੇ ਦਾਅਵੇ ਕਰਨ ਵਾਲੀ ਪੰਜਾਬ ਸਰਕਾਰ ਦੇ ਸਕੂਲਾਂ ਵਿੱਚ ਹਜ਼ਾਰਾਂ ਦੀ ਗਿਣਤੀ ਅਸਾਮੀਆਂ ਖਾਲੀ ਪਈਆਂ ਹਨ ਜਿਸ ਕਾਰਨ ਵਿਦਿਆਰਥੀਆਂ ਦੀ ਪੜ੍ਹਾਈ ਦਾ ਨੁਕਸਾਨ ਹੋ ਰਿਹਾ ਹੈ। ਇੰਨ੍ਹਾਂ ਅਸਾਮੀਆਂ ਨੂੰ ਭਰੇ ਜਾਣ ਦੀ ਮੰਗ ਨੂੰ ਲੈ ਕੇ 5994 ਅਤੇ 2364 ਭਰਤੀ ਵਿੱਚ ਸਿਲੈਕਟ ਹੋ ਚੁੱਕੇ ਬੇਰੁਜ਼ਗਾਰ ਸੰਘਰਸ਼ ਕਰ ਰਹੇ ਹਨ ਉੱਥੇ ਹੀ ਸੂਬਾ ਸਰਕਾਰ ਕੇਂਦਰ ਸਰਕਾਰ ਦੀ ਨਵੀਂ ਸਿੱਖਿਆ ਨੀਤੀ ਨੂੰ ਲਾਗੂ ਕਰਦਿਆਂ ਸਕੂਲਾਂ ਨੂੰ ਬੰਦ ਕਰਨ ਦੇ ਰਾਹ ਤੁਰੀ ਹੋਈ ਹੈ। ਦੋ ਸਾਲਾਂ ਤੋਂ ਦੀਵਾਲੀ ਦਾ ਤੋਹਫ਼ਾ ਉਡੀਕਦਿਆਂ ਅਤੇ ਪਿਛਲੇ ਕਈ ਦਿਨਾਂ ਤੋਂ ਸੰਗਰੂਰ ਵਿਖੇ ਪੱਕਾ ਮੋਰਚਾ ਲਾ ਕੇ ਬੈਠੇ ਕੰਪਿਊਟਰ ਅਧਿਆਪਕਾਂ ਦੀ ਕੋਈ ਸੁਣਵਾਈ ਨਹੀਂ ਕੀਤੀ ਜਾ ਰਹੀ। ਸਿੱਖਿਆ ਵਿਭਾਗ ਪੰਜਾਬ ਵੱਲੋਂ ਕੀਤੀਆਂ ਗਈਆਂ ਤਰੱਕੀਆਂ ਨੂੰ ਕੁਝ ਕੁ ਸਕੂਲਾਂ ਤੱਕ ਸੀਮਿਤ ਕਰਕੇ ਅਧਿਆਪਕਾਂ ਨੂੰ ਤਰੱਕੀਆਂ ਛੱਡਣ ਲਈ ਮਜ਼ਬੂਰ ਕੀਤਾ ਗਿਆ ਹੈ। ਡੀ.ਟੀ.ਐੱਫ. ਦੇ ਆਗੂਆਂ ਨੇ ਕਿਹਾ ਕਿ ਅਧਿਆਪਕ ਮਸਲਿਆਂ 'ਤੇ ਪੰਜਾਬ ਦੇ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਵੱਲੋਂ ਧਾਰੀ ਹੋਈ ਚੁੱਪ ਸਾਬਤ ਕਰਦੀ ਹੈ ਕਿ ਉਨ੍ਹਾਂ ਕੋਲ਼ ਪੰਜਾਬ ਦੇ ਅਧਿਆਪਕਾਂ ਨਾਲ ਕੋਈ ਹਮਦਰਦੀ ਨਹੀਂ ਹੈ ਅਤੇ ਪੰਜਾਬ ਦੇ ਆਮ ਲੋਕਾਂ ਦੇ ਬੱਚਿਆਂ ਦੀ ਸਿੱਖਿਆ ਲਈ ਨੀਤੀ ਨਹੀਂ ਹੈ।
ਪੰਜਾਬ ਦੇ ਅਧਿਆਪਕ ਅਤੇ ਹੋਰ ਮੁਲਾਜ਼ਮ ਜਿੱਥੇ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਅਤੇ ਤਨਖਾਹ ਕਮਿਸ਼ਨ ਦੇ ਬਕਾਏ ਦੀ ਮੰਗ ਕਰ ਰਹੇ ਹਨ, ਉੱਥੇ ਹੀ ਕੇਂਦਰ ਦੇ ਮੁਲਾਜ਼ਮਾਂ ਨਾਲੋਂ 15 ਫੀਸਦੀ ਘੱਟ ਮਹਿੰਗਾਈ ਭੱਤਾ ਲੈਂਦੇ ਹੋਏ, ਕੇਂਦਰ ਦੇ ਮੁਲਾਜ਼ਮਾਂ ਨਾਲੋਂ ਬਹੁਤ ਪਿੱਛੜੇ ਮਹਿਸੂਸ ਕਰ ਰਹੇ ਹਨ, ਪਰ ਪੰਜਾਬ ਸਰਕਾਰ ਇੰਨ੍ਹਾਂ ਮੰਗਾਂ ਨੂੰ ਠੰਡੇ ਬਸਤੇ ਵਿੱਚ ਪਾਉਣਾ ਚਾਹੁੰਦੀ ਹੈ। ਡੀ.ਟੀ.ਐੱਫ. ਪੰਜਾਬ ਦੇ ਆਗੂਆ ਸਤਪਾਲ ਕਲੇਰ ਅਤੇ ਹੰਸ ਰਾਜ ਗੜਸ਼ੰਕਰ ਨੇ ਪੰਜਾਬ ਸਰਕਾਰ ਵੱਲੋਂ ਅਧਿਆਪਕਾਂ, ਬੱਚਿਆਂ ਦੀ ਸਿੱਖਿਆ ਅਤੇ ਮੁਲਾਜ਼ਮਾਂ ਦੇ ਵਿੱਤੀ ਮਸਲਿਆਂ ਨੂੰ ਅਣਗੌਲਿਆਂ ਕਰਨ ਖਿਲਾਫ 16 ਨਵੰਬਰ ਨੂੰ ਚੱਬੇਵਾਲ ਵਿਖੇ ਕੀਤੀ ਜਾ ਰਹੀ ਸੂਬਾ ਪੱਧਰੀ ਰੋਸ ਰੈਲੀ ਵਿੱਚ ਅਧਿਆਪਕਾਂ ਨੂੰ ਭਰਵੀਂ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ ਹੈ।
