ਜ਼ਿਲ੍ਹਾ ਸਿਹਤ ਵਿਭਾਗ ਵਲੋਂ ਮੋਹਾਲੀ ਸ਼ਹਿਰ ਵਿਚ ਡੇਂਗੂ ਵਿਰੁਧ ਹੋਕਾ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 24 ਅਕਤੂਬਰ:- ਜ਼ਿਲ੍ਹਾ ਸਿਹਤ ਵਿਭਾਗ ਨੇ ਅੱਜ ਸਵੇਰੇ ਮੋਹਾਲੀ ਸ਼ਹਿਰ ਦੇ ਮੁੱਖ ਬਾਜ਼ਾਰਾਂ ਵਿਚ ਡੇਂਗੂ ਵਿਰੁਧ ਹੋਕਾ ਦਿੰਦਿਆਂ ਜਾਗਰੂਕਤਾ ਰੈਲੀ ਕੱਢੀ। ਕਾਰਜਕਾਰੀ ਸਿਵਲ ਸਰਜਨ ਡਾ. ਰੇਨੂੰ ਸਿੰਘ ਦੀ ਅਗਵਾਈ ਹੇਠ ਫ਼ੇਜ਼ 3ਬੀ1 ਦੀ ਡਿਸਪੈਂਸਰੀ ਤੋਂ ਹਰੀ ਝੰਡੀ ਵਿਖਾ ਕੇ ਰੈਲੀ ਨੂੰ ਰਵਾਨਾ ਕੀਤਾ ਗਿਆ, ਜੋ ਫ਼ੇਜ਼ 7 ਵਿਖੇ ਸਮਾਪਤ ਹੋਈ। ਰੈਲੀ ਦੌਰਾਨ ਜਿਥੇ ਲੋਕਾਂ ਨੂੰ ਡੇਂਗੂ ਬੁਖ਼ਾਰ ਤੋਂ ਬਚਣ ਦਾ ਹੋਕਾ ਦਿਤਾ ਗਿਆ, ਉਥੇ ਦੁਕਾਨਦਾਰਾਂ ਅਤੇ ਆਮ ਲੋਕਾਂ ਨੂੰ ਡੇਂਗੂ ਦੇ ਲੱਛਣਾਂ, ਕਾਰਨਾਂ, ਬਚਾਅ ਅਤੇ ਇਲਾਜ ਸਬੰਧੀ ਪੈਂਫ਼ਲੈਂਟ ਵੰਡੇ ਗਏ।

ਰੈਲੀ ਦੌਰਾਨ ਗੱਲਬਾਤ ਕਰਦਿਆਂ ਡਾ. ਰੇਨੂੰ ਸਿੰਘ ਨੇ ਦਸਿਆ ਕਿ ਇਸ ਰੈਲੀ ਦਾ ਮਕਸਦ ਲੋਕਾਂ ਅਤੇ ਦੁਕਾਨਦਾਰਾਂ ਦੀ ਇਸ ਮਾਰੂ ਬੁਖ਼ਾਰ ਬਾਬਤ ਜਾਗਰੂਕਤਾ ਵਧਾਉਣਾ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਘਰੋਂ-ਘਰੀਂ ਜਾ ਕੇ ਡੇਂਗੂ ਦੇ ਲਾਰਵੇ ਦੀ ਲਗਾਤਾਰ ਚੈਕਿੰਗ ਕਰਦੀਆਂ ਹਨ ਅਤੇ ਚਾਲਾਨ ਵੀ ਕੱਟੇ ਜਾਂਦੇ ਹਨ ਪਰ ਇਸ ਰੈਲੀ ਰਾਹੀਂ ਉਨ੍ਹਾਂ ਲੋਕਾਂ ਨੂੰ ਖ਼ੁਦ ਹੀ ਇਸ ਮਾਰੂ ਬੁਖ਼ਾਰ ਤੋਂ ਬਚਣ ਲਈ ਜਾਣਕਾਰੀ ਦਿਤੀ ਹੈ। ਉਨ੍ਹਾਂ ਕਿਹਾ ਕਿ ਚਾਲਾਨ ਦਾ ਕੰਮ ਅਪਣੀ ਥਾਂ ਹੁੰਦਾ ਰਹਿੰਦਾ ਹੈ ਪਰ ਜਾਗਰੂਤਾ ਜ਼ਿਆਦਾ ਜ਼ਰੂਰੀ ਹੈ। ਲੋਕ ਜਾਗਰੂਕ ਹੋਣਗੇ ਤਾਂ ਉਹ ਖ਼ੁਦ ਅਪਣੇ ਘਰਾਂ ਜਾਂ ਆਲੇ-ਦੁਆਲੇ ਕਿਤੇ ਵੀ ਪਾਣੀ ਖੜਾ ਨਹੀਂ ਹੋਣ ਦੇਣਗੇ ਜਿਸ ਨਾਲ ਡੇਂਗੂ ਬੁਖ਼ਾਰ ਲਈ ਜ਼ਿੰਮੇਵਾਰ ਮੱਛਰ ਪੈਦਾ ਹੀ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਡੇਂਗੂ ਬੁਖ਼ਾਰ ਫੈਲਾਉਣ ਵਾਲੇ ਮੱਛਰਾਂ ਨੂੰ ਪੈਦਾ ਹੋਣ ਤੋਂ ਰੋਕਣਾ ਹੀ ਇਸ ਬੀਮਾਰੀ ਤੋਂ ਬਚਣ ਦਾ ਕਾਰਗਰ ਤਰੀਕਾ ਹੈ।
ਉਨ੍ਹਾਂ ਕਿਹਾ ਕਿ ਡੇਂਗੂ ਇਕ ਬੁਖ਼ਾਰ ਹੈ ਜੋ ਏਡੀਜ਼ ਅਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਡੇਂਗੂ ਫੈਲਾਉਣ ਵਾਲੇ ਮੱਛਰ ਖੜੇ ਸਾਫ਼ ਪਾਣੀ ਵਿਚ ਪਲਦੇ ਹਨ ਜਿਵੇਂ ਕੂਲਰਾਂ ਵਿਚ, ਪਾਣੀ ਦੀਆਂ ਟੈਕੀਆਂ ਵਿਚ, ਫੁੱਲਾਂ ਦੇ ਗਮਲਿਆਂ ਵਿਚ, ਫ਼ਰਿੱਜਾਂ ਪਿੱਛੇ ਲੱਗੀ ਟਰੇਅ ਵਿਚ, ਟੁੱਟੇ-ਭੱਜੇ/ਸੁੱਟੇ ਭਾਂਡਿਆਂ ਅਤੇ ਟਾਇਰਾਂ ਆਦਿ ਵਿਚ। ਡੇਂਗੂ ਦੇ ਆਮ ਲੱਛਣਾਂ ਵਿਚ ਤੇਜ਼ ਸਿਰਦਰਦ ਅਤੇ ਤੇਜ਼ ਬੁਖ਼ਾਰ, ਮਾਸਪੇਸ਼ੀਆਂ ਅਤੇ ਜੋੜਾਂ ਵਿਚ ਦਰਦ, ਭੁੱਖ ਨਾ ਲਗਣਾ, ਅੱਖ ਦੇ ਪਿਛਲੇ ਹਿੱਸੇ ਵਿਚ ਦਰਦ, ਹਾਲਤ ਖ਼ਰਾਬ ਹੋਣ ’ਤੇ ਨੱਕ, ਮੂੰਹ ਅਤੇ ਮਸੂੜਿਆਂ ਵਿਚੋਂ ਖ਼ੂਨ ਵਗਣਾ, ਜੀ ਕੱਚਾ ਹੋਣਾ ਅਤੇ ਉਲਟੀਆਂ ਆਉਣਾ ਆਦਿ ਸ਼ਾਮਲ ਹਨ।
ਡੇਂਗੂ ਬੁਖ਼ਾਰ ਦਾ ਟੈਸਟ ਅਤੇ ਇਲਾਜ ਸਰਕਾਰੀ ਹਸਪਤਾਲਾਂ ਵਿਚ ਬਿਲਕੁਲ ਮੁਫ਼ਤ ਹੁੰਦਾ ਹੈ ਅਤੇ ਕਿਸੇ ਵੀ ਜਾਣਕਾਰੀ ਲਈ ਸਿਹਤ ਵਿਭਾਗ ਦੇ ਹੈਲਪਲਾਈਨ ਨੰ. 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ।
ਰੈਲੀ ਵਿਚ ਸੀਨੀਅਰ ਮੈਡੀਕਲ ਅਫ਼ਸਰ ਡਾ. ਐਚ.ਐਸ.ਚੀਮਾ, ਡਾ. ਵਿਜੇ ਭਗਤ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਹਰਮਨਦੀਪ ਕੌਰ, ਡਾ. ਅਨਿਲ ਵਸ਼ਿਸ਼ਟ, ਹੈਲਥ ਸੁਪਰਵਾਇਜ਼ਰਾਂ, ਸਿਹਤ ਵਰਕਰਾਂ, ਬਰੀਡਰ ਚੈੱਕਰਾਂ ਅਤੇ ਨਰਸਿੰਗ ਕਾਲਜਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ।