
ਸ਼ਹੀਦ ਭਗਤ ਸਿੰਘ ਨਗਰ ਨੂੰ ਮਿਲੇ ਤਿੰਨ ਖੇਤੀਬਾੜੀ ਵਿਸਥਾਰ ਅਫ਼ਸਰ
ਨਵਾਂਸ਼ਹਿਰ, 25 ਸਤੰਬਰ- ਪੰਜਾਬ ਸਰਕਾਰ ਵੱਲੋਂ ਭਰਤੀ ਕੀਤੇ ਗਏ ਨਵੇਂ ਖੇਤੀਬਾੜੀ ਵਿਸਥਾਰ ਅਫ਼ਸਰਾਂ ਵਿਚੋਂ ਤਿੰਨ ਅਧਿਕਾਰੀਆਂ ਨੂੰ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿੱਚ ਤਾਇਨਾਤ ਕੀਤਾ ਗਿਆ ਹੈ ਜਿਨ੍ਹਾਂ ਦੀ ਨਿਯੁਕਤੀ ਨਵਾਂਸ਼ਹਿਰ, ਔੜ ਅਤੇ ਬਲਾਚੌਰ ਵਿਖੇ ਹੋਈ ਹੈ।
ਨਵਾਂਸ਼ਹਿਰ, 25 ਸਤੰਬਰ- ਪੰਜਾਬ ਸਰਕਾਰ ਵੱਲੋਂ ਭਰਤੀ ਕੀਤੇ ਗਏ ਨਵੇਂ ਖੇਤੀਬਾੜੀ ਵਿਸਥਾਰ ਅਫ਼ਸਰਾਂ ਵਿਚੋਂ ਤਿੰਨ ਅਧਿਕਾਰੀਆਂ ਨੂੰ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿੱਚ ਤਾਇਨਾਤ ਕੀਤਾ ਗਿਆ ਹੈ ਜਿਨ੍ਹਾਂ ਦੀ ਨਿਯੁਕਤੀ ਨਵਾਂਸ਼ਹਿਰ, ਔੜ ਅਤੇ ਬਲਾਚੌਰ ਵਿਖੇ ਹੋਈ ਹੈ।
ਮੁੱਖ ਖੇਤੀਬਾੜੀ ਅਫ਼ਸਰ ਡਾ. ਰਾਕੇਸ਼ ਸ਼ਰਮਾ ਨੇ ਕਿਹਾ ਕਿ ਨਵੇਂ ਅਧਿਕਾਰੀਆਂ ਦੇ ਆਉਣ ਨਾਲ ਦਫ਼ਤਰੀ ਕੰਮ-ਕਾਜ ਨੂੰ ਤਾਂ ਬਲ ਮਿਲੇਗਾ ਹੀ ਸਗੋਂ ਕਿਸਾਨਾਂ ਨਾਲ ਸਬੰਧਤ ਸਰਗਰਮੀਆਂ ਅਤੇ ਵਿਭਾਗ ਦੀਆਂ ਵੱਖ–ਵੱਖ ਸਕੀਮਾਂ ਤੇ ਪ੍ਰੋਗਰਾਮਾਂ ਨੂੰ ਵੀ ਹੋਰ ਅਸਰਦਾਰ ਢੰਗ ਨਾਲ ਲਾਗੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿੱਚ ਉੱਚ ਸਿੱਖਿਆ ਹਾਸਲ ਤਿੰਨਾਂ ਅਧਿਕਾਰੀਆਂ ਨੇ ਆਪਣੇ ਅਹੁਦੇ ਸੰਭਾਲ ਕੇ ਸੇਵਾਵਾਂ ਸ਼ੁਰੂ ਕਰ ਦਿੱਤੀਆਂ ਹਨ।
ਨਵਾਂਸ਼ਹਿਰ ਵਿਖੇ ਤਾਇਨਾਤ ਖੇਤੀਬਾੜੀ ਵਿਸਥਾਰ ਅਫ਼ਸਰ ਗੁਰਪ੍ਰੀਤ ਸਿੰਘ, ਜੋ ਗੜ੍ਹਸ਼ੰਕਰ ਦੇ ਵਸਨੀਕ ਹਨ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਤੋਂ ਐਮ.ਐਸ.ਸੀ ਕੀਤੀ ਹੋਈ ਹੈ। ਆਪਣਾ ਅਹੁਦਾ ਸੰਭਾਲਣ ਮੌਕੇ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਉਹ ਆਪਣੀਆਂ ਸੇਵਾਵਾਂ ਪੂਰੀ ਨਿਸ਼ਠਾ ਅਤੇ ਸਮਰਪਨ ਭਾਵਨਾ ਨਾਲ ਨਿਭਾਉਣਗੇ ਅਤੇ ਵਿਭਾਗ ਵਲੋਂ ਸਮੇਂ–ਸਮੇਂ ਸਿਰ ਜਾਰੀ ਕੀਤੇ ਜਾਂਦੇ ਪ੍ਰੋਗਰਾਮਾਂ ਨੂੰ ਪੂਰੀ ਲਗਨ ਨਾਲ ਲਾਗੂ ਕਰਵਾਉਣਗੇ।
ਔੜ ਵਿਖੇ ਤਾਇਨਾਤ ਖੇਤੀਬਾੜੀ ਵਿਸਥਾਰ ਅਫ਼ਸਰ ਮੋਨਿਕਾ ਨੇ ਕਿਹਾ ਕਿ ਉਹ ਆਪਣੀ ਜਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਮੁਹਾਰਤ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਖੇਤੀਬਾੜੀ ਖੇਤਰ ਦੇ ਲੋੜੀਂਦੇ ਵਿਸਥਾਰ ਅਤੇ ਕਿਸਾਨਾਂ ਨੂੰ ਜਾਣਕਾਰੀ ਮੁਹੱਈਆ ਕਰਵਾਉਣ ਵਿੱਚ ਕੋਈ ਕਸਰ ਨਹੀਂ ਛਡੀ ਜਾਵੇਗੀ ਤਾਂ ਜੋ ਇਲਾਕੇ ਵਿੱਚ ਕਿਸਾਨ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਕਿਸਾਨਾਂ ਤੱਕ ਪੁੱਜਦਾ ਕੀਤਾ ਜਾ ਸਕੇ।
ਬਲਾਚੌਰ ਵਿਖੇ ਤਾਇਨਾਤ ਖੇਤੀਬਾੜੀ ਵਿਸਥਾਰ ਅਫ਼ਸਰ ਜਗਮਨਦੀਪ ਕੌਰ ਨੇ ਕਿਹਾ ਕਿ ਕਿਸਾਨਾਂ ਨੂੰ ਖੇਤੀਬਾੜੀ ਖੇਤਰ ਵਿੱਚ ਨਵੀਂਆਂ ਤਕਨੀਕਾਂ ਦੀ ਜਾਣਕਾਰੀ ਨਾਲ ਲੈਸ ਕੀਤਾ ਜਾਵੇਗਾ ਤਾਂ ਜੋ ਉਹ ਸਮੇਂ ਦੇ ਹਾਣੀ ਬਣ ਸਕਣ। ਉਨ੍ਹਾਂ ਕਿਹਾ ਕਿ ਆਧੁਨਿਕ ਖੇਤੀ ਲਈ ਰੋਜ਼ਾਨਾ ਆ ਰਹੀਆਂ ਜਾਣਕਾਰੀਆਂ ਨੂੰ ਸਹਿਜੇ ਢੰਗ ਨਾਲ ਕਿਸਾਨਾਂ ਤੱਕ ਪਹੁੰਚਾਉਣਾ ਉਨ੍ਹਾਂ ਦੀ ਤਰਜੀਹ ਰਹੇਗੀ। ਇਸ ਮੌਕੇ ਨਵੇਂ ਅਧਿਕਾਰੀਆਂ ਦੇ ਪਰਿਵਾਰਕ ਮੈਂਬਰ ਅਤੇ ਵਿਭਾਗ ਦਾ ਅਮਲਾ ਵੀ ਮੌਜੂਦ ਸੀ।
