ਸਫ਼ਾਈ ਕਰਮਚਾਰੀ ਕਮਿਸ਼ਨ ਸਫ਼ਾਈ ਕਰਮਚਾਰੀਆਂ ਦੀ ਭਲਾਈ ਲਈ ਵਚਨਬੱਧ - ਚੰਦਨ ਗਰੇਵਾਲ

ਹੁਸ਼ਿਆਰਪੁਰ- ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ ਨੇ ਕਿਹਾ ਕਿ ਸਫ਼ਾਈ ਕਰਮਚਾਰੀ ਸਮਾਜ ਦੀ ਰੀੜ੍ਹ ਦੀ ਹੱਡੀ ਹਨ ਅਤੇ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ ਕਿ ਉਨ੍ਹਾਂ ਨੂੰ ਸਨਮਾਨਜਨਕ ਜੀਵਨ ਅਤੇ ਜ਼ਰੂਰੀ ਸਹੂਲਤਾਂ ਪ੍ਰਦਾਨ ਕੀਤੀਆਂ ਜਾਣ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਹੁਸ਼ਿਆਰਪੁਰ ਵਿਖੇ ਨਗਰ ਨਿਗਮ ਅਧਿਕਾਰੀਆਂ ਅਤੇ ਸਫਾਈ ਕਰਮਚਾਰੀ ਯੂਨੀਅਨ ਦੇ ਨੁਮਾਇੰਦਿਆਂ ਨਾਲ ਇਕ ਮਹੱਤਵਪੂਰਨ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ।

ਇਸ ਮੌਕੇ ਨਗਰ ਨਿਗਮ ਕਮਿਸ਼ਨਰ ਡਾ. ਅਮਨਦੀਪ ਕੌਰ ਸਮੇਤ ਨਗਰ ਨਿਗਮ ਅਤੇ ਨਗਰ ਕੌਂਸਲਾਂ ਦੇ ਅਧਿਕਾਰੀ ਅਤੇ ਯੂਨੀਅਨ ਦੇ  ਨੁਮਾਇੰਦੇ ਵੀ ਮੌਜੂਦ ਸਨ। ਚੇਅਰਮੈਨ ਚੰਦਨ ਗਰੇਵਾਲ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਦੀ ਮੀਟਿੰਗ ਦਾ ਉਦੇਸ਼ ਸਫ਼ਾਈ ਕਰਮਚਾਰੀਆਂ ਦੀਆਂ ਸਮੱਸਿਆਵਾਂ ਨੂੰ ਸਿੱਧੇ ਤੌਰ ‘ਤੇ ਸੁਣਨਾ, ਉਨ੍ਹਾਂ ਦਾ ਹੱਲ ਕਰਨਾ ਅਤੇ ਉਨ੍ਹਾਂ ਦੀ ਭਲਾਈ ਨਾਲ ਜੁੜੀਆਂ ਯੋਜਨਾਵਾਂ ਦੀ ਸਮੀਖਿਆ ਕਰਨਾ ਹੈ। 
ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੇਅਰਮੈਨ ਗਰੇਵਾਲ ਨੇ ਕਿਹਾ ਕਿ ਬਹੁਤ ਸਾਰੀਆਂ ਸਮੱਸਿਆਵਾਂ ਦਾ ਮੌਕੇ 'ਤੇ ਹੀ ਹੱਲ ਕਰ ਦਿੱਤਾ ਗਿਆ। ਇਸ ਦੇ ਨਾਲ ਹੀ, ਕੁਝ ਮੰਗਾਂ ਹਨ ਜੋ ਸੂਬਾ ਪੱਧਰ 'ਤੇ ਹਨ, ਜਿਨ੍ਹਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਦੇ ਸਾਹਮਣੇ ਪੇਸ਼ ਕੀਤਾ ਜਾਵੇਗਾ, ਤਾਂ ਜੋ ਉਨ੍ਹਾਂ ਦਾ ਵੀ ਜਲਦੀ ਹੱਲ ਕੀਤਾ ਜਾ ਸਕੇ। 
ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਫ਼ਾਈ ਕਰਮਚਾਰੀਆਂ ਨੂੰ ਉਨ੍ਹਾਂ ਦੀ ਤਨਖਾਹ ਸਮੇਂ ਸਿਰ ਦਿੱਤੀ ਜਾਵੇ, ਸੁਰੱਖਿਆ ਉਪਕਰਣ ਅਤੇ ਲੋੜੀਂਦੀ ਸਿਖਲਾਈ ਪ੍ਰਦਾਨ ਕੀਤੀ ਜਾਵੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ ਕਿ ਕੋਈ ਵੀ ਕਰਮਚਾਰੀ ਅਣਗੌਲਿਆ ਮਹਿਸੂਸ ਨਾ ਕਰੇ। ਚੰਦਨ ਗਰੇਵਾਲ ਨੇ ਕਿਹਾ ਕਿ ਸਮਾਜ ਵਿਚ ਸਫਾਈ ਕਰਮਚਾਰੀਆਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ ਅਤੇ ਉਨ੍ਹਾਂ ਦੇ ਯੋਗਦਾਨ ਨੂੰ ਸਿਰਫ਼ ਸ਼ਬਦਾਂ ਵਿਚ ਹੀ ਨਹੀਂ, ਸਗੋਂ ਠੋਸ ਕਾਰਵਾਈਆਂ ਰਾਹੀਂ ਮਾਨਤਾ ਦਿੱਤੀ ਜਾਣੀ ਚਾਹੀਦੀ ਹੈ।
 ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਸਰਕਾਰ, ਕਰਮਚਾਰੀਆਂ ਦੀ ਭਲਾਈ ਪ੍ਰਤੀ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਕਮਿਸ਼ਨ ਇਸ ਦਿਸ਼ਾ ਵਿਚ ਸਰਗਰਮੀ ਨਾਲ ਕੰਮ ਕਰ ਰਿਹਾ ਹੈ। ਮੀਟਿੰਗ ਦੇ ਅੰਤ ਵਿਚ, ਉਨ੍ਹਾਂ ਨੇ ਮੌਜੂਦ ਸਫ਼ਾਈ ਕਰਮਚਾਰੀਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ।